• December 16, 2023

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ  

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ  
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
 
ਅੰਮ੍ਰਿਤਸਰ, 16 ਦਸੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦੂਜਿਆਂ ਲਈ ਆਪਾ ਵਾਰਨ ਦੇ ਬਖ਼ਸ਼ਿਸ ਕੀਤੇ ਸਿਧਾਂਤ ਨੇ ਮਨੁੱਖਤਾ ਨੂੰ ਧਰਮ ਦੀ ਅਜ਼ਾਦੀ ਦਾ ਰਾਹ ਦਿਖਾਇਆ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰਜੀਤ ਸਿੰਘ ਬੰਡਾਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫ਼ਰਵਾਲ, ਸ. ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼।

Leave a Reply

Your email address will not be published. Required fields are marked *