- November 27, 2023
ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ
ਚੰਡੀਗੜ੍ਹ, 27 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ-8ਸੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।
ਸੂਬੇ ਦੇ ਲੋਕਾਂ ਪ੍ਰਤੀ ਡੂੰਘੇ ਸਤਿਕਾਰ ਅਤੇ ਇਕਜੁੱਟਤਾ ਦੀ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਦੀ ‘ਚੜ੍ਹਦੀਕਲਾ’ ਲਈ ਅਰਦਾਸ ਕੀਤੀ। ਉਨ੍ਹਾਂ ਨੇ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।
ਗੁਰਦੁਆਰਾ ਸਾਹਿਬ ਵਿਖੇ ਅਧਿਆਤਮਕ ਅਨੁਭਵ ਅਤੇ ਉਨ੍ਹਾਂ ਦੇ ਨਿੱਘੇ ਸੁਆਗਤ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਮੂਹ ਭਾਈਚਾਰਿਆਂ ਦਰਮਿਆਨ ਏਕਤਾ, ਦਇਆ ਅਤੇ ਸਦਭਾਵਨਾ ਦੀਆਂ ਤੰਦਾਂ ਦੀ ਮਜ਼ਬੂਤੀ ਲਈ ਗੁਰਪੁਰਬ ਦੀ ਮਹੱਤਤਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਾਰਿਆਂ ਲਈ ਸਮਾਨਤਾ, ਨਿਰਸਵਾਰਥ ਸੇਵਾ ਅਤੇ ਦਇਆ-ਭਾਵਨਾ ਦੀ ਗੱਲ ਕਰਦਿਆਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।