- April 12, 2024
ਬਨਵਾਰੀ ਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਵਿਸਾਖੀ ਦੀਆਂ ਵਧਾਈਆਂ

ਬਨਵਾਰੀ ਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਵਿਸਾਖੀ ਦੀਆਂ ਵਧਾਈਆਂ
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਵਿਸਾਖੀ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਇਸ ਸ਼ੁਭ ਤਿਉਹਾਰ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਬਹੁਪੱਖੀ ਮਹੱਤਤਾ ਰੱਖਦਾ ਹੈ। ਇਹ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਜੋ ਖੁਸ਼ੀਆਂ ਅਤੇ ਖੁਸ਼ਹਾਲੀ ਦਾ ਸੰਕੇਤ ਦਿੰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿੱਚ ਸਾਡੇ ਕਿਸਾਨਾਂ ਦੇ ਯੋਗਦਾਨ ਲਈ ਉਹਨਾਂ ਦਾ ਧੰਨਵਾਦ ਕਰਨ ਦਾ ਮੌਕਾ ਵੀ ਹੈ।
ਰਾਜਪਾਲ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਅੱਜ ਦੇ ਦਿਨ 1699 ਵਿੱਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਦਾ ਟਾਕਰਾ ਕਰਨ ਲਈ ‘ਖ਼ਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ।
ਸ੍ਰੀ ਪੁਰੋਹਿਤ ਨੇ ਅੱਗੇ ਕਿਹਾ ਕਿ ਇਹ ਦਿਨ 1919 ਵਿੱਚ ਸਾਡੀ ਆਜ਼ਾਦੀ ਦੇ ਅੰਦੋਲਨ ਵਿੱਚ ਵੀ ਆਪਣੀ ਮਹੱਤਵਪੂਰਨ ਛਾਪ ਛੱਡਦਾ ਹੈ। ਇਸ ਦਿਨ ਜਲ੍ਹਿਆਂਵਾਲਾ ਬਾਗ, ਅੰਮ੍ਰਿਤਸਰ ਵਿੱਚ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਅਤੇ ਇਸੇ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਵੱਡਾ ਹੁਲਾਰਾ ਦਿੱਤਾ ਸੀ।
ਰਾਜਪਾਲ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦੇਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ ਅਤੇ ਆਗਾਮੀ ਸਾਲ ਸਾਡੇ ਸਾਰੀਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।