• November 24, 2023

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ
ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਇਨ੍ਹਾਂ ਬਿੱਲਾਂ ਦੀ ਤੁਰੰਤ ਮਨਜ਼ੂਰੀ ਲਈ ਰਾਜਪਾਲ ਨੂੰ ਲਿਖਿਆ ਪੱਤਰ

ਚੰਡੀਗੜ੍ਹ, 24 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ।

ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜ ਬਿੱਲ ਰਾਜਪਾਲ ਕੋਲ ਸਹਿਮਤੀ ਲਈ ਲੰਬਿਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਬਿੱਲ ਇਸ ਸਾਲ 19 ਅਤੇ 20 ਜੂਨ ਨੂੰ ਹੋਏ ਬਜਟ ਸੈਸ਼ਨ ਦੀਆਂ ਮੀਟਿੰਗਾਂ ਵਿੱਚ ਪਾਸ ਕੀਤੇ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਾਜਪਾਲ ਨਾਲ ਹੋਈ ਉਨ੍ਹਾਂ ਦੀ ਗੱਲਬਾਤ ਦੌਰਾਨ ਰਾਜਪਾਲ ਨੇ ਜੂਨ 2023 ਵਿੱਚ ਸਪੀਕਰ ਵੱਲੋਂ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਇਜਲਾਸ ਦੀ ਪ੍ਰਮਾਣਿਕਤਾ ’ਤੇ ਸ਼ੱਕ ਜਤਾਇਆ ਸੀ, ਇਸੇ ਕਰਕੇ ਹਾਲੇ ਤੱਕ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਅਦਾਲਤ ਵਿੱਚ ਸੁਣਾਏ ਗਏ ਹੁਕਮਾਂ ਵਿੱਚ 19-20 ਜੂਨ ਅਤੇ 20 ਅਕਤੂਬਰ, 2023  ਨੂੰ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਮੀਟਿੰਗਾਂ ਨੂੰ ਜਾਇਜ਼ ਠਹਿਰਾਇਆ ਗਿਆ ਹੈ। ਇਸ ਕਰਕੇ ਪੰਜ ਬਿੱਲ, ਜੋ ਵਿਧਾਨ ਸਭਾ ਦੁਆਰਾ ਜਾਇਜ਼ ਤੌਰ ’ਤੇ ਪਾਸ ਕੀਤੇ ਗਏ ਸਨ,  ਰਾਜਪਾਲ ਕੋਲ ਮਨਜ਼ੂਰੀ ਲਈ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) (ਸੋਧ) ਬਿੱਲ, 2023, ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਅਤੇ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰਿਪੀਲ) ਬਿੱਲ, 2022 ਸ਼ਾਮਲ ਹਨ।

ਮੁੱਖ ਮੰਤਰੀ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ 10 ਨਵੰਬਰ ਦੇ ਹੁਕਮਾਂ ਵਿੱਚ ਦਰਸਾਈ ਸੰਵਿਧਾਨਕ ਜ਼ਿੰਮੇਵਾਰੀ ਅਤੇ ਜਮਹੂਰੀਅਤ ਦੇ ਸਰੋਕਾਰਾਂ ਦੀ ਭਾਵਨਾ ਦੇ ਮੱਦੇਨਜ਼ਰ, ਇਨ੍ਹਾਂ ਬਿੱਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ।

Leave a Reply

Your email address will not be published. Required fields are marked *