- August 5, 2024
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਵੱਲੋਂ 1421 ਸ਼ੱਕੀ ਵਿਅਕਤੀਆਂ ਅਤੇ 1850 ਵਾਹਨਾਂ ਦੀ ਚੈਕਿੰਗ
ਇਸ ਕਦਮ ਦਾ ਉਦੇਸ਼ ਨਿਆਂਇਕ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਸਮਾਜ ਵਿਰੋਧੀ ਤੱਤਾਂ ‘ਤੇ ਚੌਕਸੀ ਰੱਖਣਾ- ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ
ਚੰਡੀਗੜ੍ਹ, 5 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਕਰਕੇ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ ਕਿ ਨਿਆਂਇਕ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼) ਅਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀਜ਼) ਕੈਮਰੇ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੋਣ।
ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਵਿੱਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ‘ਤੇ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਜ਼ਬਤ ਕੀਤਾ।
ਉਨ੍ਹਾਂ ਕਿਹਾ ਕਿ ਇਸ ਚੈਕਿੰਗ ਨੂੰ ਅੰਜਾਮ ਦੇਣ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ।
ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਤੇਜ਼ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।