- December 14, 2023
ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ
ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ ਟੀ ਓ
1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ
ਅੰਮ੍ਰਿਤਸਰ, 14 ਦਸੰਬਰ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ ਅਤੇ ਇਸ ਨਾਲ ਲੋਕਾਂ ਦੀ ਖੱਜ਼ਲ ਖੁਆਰੀ ਬੰਦ ਹੋ ਜਾਵੇਗੀ। ਜੰਡਿਆਲਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਇਹ ਜਾਣਕਾਰੀ ਲੋਕਾਂ ਨਾਲ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਤੋਂ ਇਸ ਸਕੀਮ ਦੀ ਸ਼ਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਨ ਦੇ ਨਾਲ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। ਵਿਧਾਇਕ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।
ਕੈਬਨਿਟ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਫਤਹਿਪੁਰ ਰਾਜਪੂਤਾਂ, ਫਤਿਹਪੁਰ ਰਾਜਪੂਤਾਂ ਖੁਰਦ ਅਤੇ ਤੀਰਥਪੁਰ ਵਿਖੇ ਕਰੀਬ 26 ਲੱਖ ਰੁਪਏ ਨਾਲ ਹੋਣ ਵਾਲੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀ ਮਨਸ਼ਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇ ਸਰਕਾਰੀ ਖਜ਼ਾਨੇ ਦਾ ਲਾਭ ਦੇਣ ਦੀ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਦੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਉਨਾਂ ਦਾ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਛਨਾਖ ਸਿੰਘ ਚੇਅਰਮੈਨ , ਬਲਾਕ ਪ੍ਰਧਾਨ ਕੰਵਲਜੀਤ ਧਾਰੜ, ਬੀ ਡੀ ਪੀ ਓ ਪ੍ਰਗਟ ਸਿੰਘ, ਐਕਸੀਅਨ ਮਨਿੰਦਰ ਸਿੰਘ, ਸਤਿੰਦਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਵੀ ਉਨਾਂ ਨਾਲ ਹਾਜ਼ਰ ਸਨ।