jeevaypunjab.com

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਦੀ ਗਹਿਰੀ ਸਾਜ਼ਿਸ਼ ਰਚ ਰਹੀ ਹੈ।
ਮੁੱਖ ਮੰਤਰੀ ਨੇ ਅੱਜ ਬਠਿੰਡਾ ਤੋਂ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਵੱਖ-ਵੱਖ ਥਾਈਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੱਛਮੀ ਬੰਗਾਲ ਵਿੱਚ ਸ਼ੁਰੂ ਕੀਤੀ ਗਈ “ਡਰ ਤੇ ਵੰਡ ਦੀ ਰਾਜਨੀਤੀ” ਹੁਣ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ, ਜਿੱਥੇ ਫਿਰਕੂ ਤਾਕਤਾਂ ਸਮਾਜ ਦੇ ਧਰੁਵੀਕਰਨ ਅਤੇ ਸੱਤਾ ‘ਤੇ ਕਬਜ਼ਾ ਕਰਨ ਲਈ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ, ਜਿਨ੍ਹਾਂ ਵਿੱਚ ਸਰਪ੍ਰਸਤ ਵੀ ਸ਼ਾਮਲ ਹਨ, ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਵਿੱਚ ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦਾ ਜੁਰਮਾਨਾ ਸ਼ਾਮਲ ਹੈ।
ਤਲਵੰਡੀ ਸਾਬੋ, ਬਠਿੰਡਾ ਸ਼ਹਿਰ ਅਤੇ ਕੋਟਸ਼ਮੀਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਘਾਤਕ ਫੁੱਟ ਪਾਊ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਿਰਕੂ ਸਿਆਸਤ ਨੂੰ ਪੰਜਾਬ ਦੇ ਸਦੀਆਂ ਪੁਰਾਣੇ ਭਾਈਚਾਰੇ ਵਿੱਚ ਫੁੱਟ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। “ਪੰਜਾਬ ਪੰਜਾਬੀਆਂ ਦਾ ਹੈ” ਦਾ ਨਾਅਰਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ। ਭਾਜਪਾ ਨੇ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਵੰਡ ਪਾਊ ਰਾਜਨੀਤੀ ਰਾਹੀਂ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਅਜਿਹੀਆਂ ਸਾਜ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ ਕਿਉਂਕਿ ਇੱਥੇ ਲੋਕ ਹਰ ਤਿੱਥ-ਤਿਉਹਾਰ ਸਾਂਝੇ ਤੌਰ ’ਤੇ ਮਨਾਉਂਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫਿਰਕੂ ਪਾਰਟੀਆਂ ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀਆਂ ਹਨ ਅਤੇ ਉਨ੍ਹਾਂ ਦੇ ਘਿਨਾਉਣੇ ਏਜੰਡੇ ਨੂੰ ਸਫਲ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਾਜਨੀਤਿਕ ਪਾਰਟੀਆਂ ਪੰਜਾਬੀਆਂ ਨੂੰ ਵੰਡਣਾ ਚਾਹੁੰਦੀਆਂ ਹਨ ਅਤੇ ਚੋਣ ਲਾਭ ਲਈ ਭਾਈਚਾਰਿਆਂ ਨੂੰ ਇੱਕ-ਦੂਜੇ ਦੇ ਵਿਰੁੱਧ ਖੜ੍ਹਾ ਕਰਨਾ ਚਾਹੁੰਦੀਆਂ ਹਨ।
ਪੱਛਮੀ ਬੰਗਾਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉੱਥੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ ਦੇ ਘਰਾਂ ਨੂੰ ਅੱਗ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, “ਜਿਸ ਵੇਲੇ ਭਾਜਪਾ ਨੇ ਪੱਛਮੀ ਬੰਗਾਲ ਵਿੱਚ ਸਰਕਾਰ ਬਣਾਈ, ਹਰ ਪਾਸੇ ਡਰ ਦਾ ਮਾਹੌਲ ਪੈਦਾ ਹੋ ਗਿਆ। ਹੁਣ ਪੰਜਾਬ ਲਈ ਵੀ ਇਹੀ ਸਾਜ਼ਿਸ਼ ਰਚੀ ਜਾ ਰਹੀ ਹੈ।” ਉਨ੍ਹਾਂ ਕਿਹਾ ਕਿ ਭਾਜਪਾਈ ਪਹਿਲਾਂ ਉਹ ਦੋ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਵਿਰੁੱਧ ਖੜ੍ਹਾ ਕਰਦੇ ਹਨ, ਫਿਰ ਉਹ ਇੱਕ ਪਾਸੇ ਖੜ੍ਹੇ ਹੁੰਦੇ ਹਨ ਅਤੇ ਵੋਟਾਂ ਹਾਸਲ ਕਰਨ ਲਈ ਦੂਜੇ ਨੂੰ ਡਰਾਉਂਦੇ ਹਨ।”
ਰਾਸ਼ਟਰਵਾਦ ਦੇ ਮੁੱਦੇ ‘ਤੇ ਆਰ.ਐਸ.ਐਸ. ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਐਸ.ਐਸ. ਨੇ 52 ਸਾਲਾਂ ਤੋਂ ਆਪਣੇ ਹੈੱਡਕੁਆਰਟਰ ‘ਤੇ ਤਿਰੰਗਾ ਨਹੀਂ ਲਹਿਰਾਇਆ, ਫਿਰ ਵੀ ਅੱਜ ਉਹ ਦੂਜਿਆਂ ਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਵੰਡ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ਦੌਰਾਨ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਦੇਸ਼ ਭਗਤਾਂ ਦੇ ਸਰਟੀਫਿਕੇਟਾਂ ਦੀ ਲੋੜ ਨਹੀਂ ਹੈ।” 
’47 ਦੀ ਵੰਡ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੁਖਾਂਤ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਝੱਲੇ ਅਤੇ ਲਗਭਗ 10 ਲੱਖ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਜਦੋਂ ਕਿ ਹੁਣ ਪੰਜਾਬ ਦੀ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਵਾਲਿਆਂ ਨੇ ਦੇਸ਼ ਲਈ ਅਜਿਹੀਆਂ ਕੋਈ ਕੁਰਬਾਨੀਆਂ ਨਹੀਂ ਕੀਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਭਾਜਪਾ ਆਗੂ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦੇ ਦੋਸ਼ਾਂ ਲਾ ਰਹੇ ਹਨ ਜਦੋਂ ਕਿ ਇਹ ਭੁੱਲ ਰਹੇ ਹਨ ਕਿ ਪੰਜਾਬੀਆਂ ਨੇ ਦੇਸ਼ ਲਈ 90 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਉਨ੍ਹਾਂ ਨੂੰ ਗੱਦਾਰ ਕਿਹਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਹੁਣ ਭਾਜਪਾ ਵੱਲੋਂ ਦੇਸ਼ ਵਿਰੋਧੀ ਕਰਾਰ ਦਿੱਤਾ ਜਾ ਰਿਹਾ ਹੈ।”
ਵਿਰੋਧੀ ਆਗੂਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਆਗੂਆਂ ਨੂੰ ਅੰਤਰਝਾਤ ਮਾਰਨ ਦੀ ਲੋੜ ਹੈ ਕਿਉਂਕਿ ਉਹ ਇੱਕ ਆਮ ਪਰਿਵਾਰ ਦੇ ਪੁੱਤਰ ਨੂੰ ਸੂਬੇ ਦਾ ਮੁਖੀ ਬਣਨ ਤੋਂ ਬਾਅਦ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰਦੇ ਦੇਖਣਾ ਬਰਦਾਸ਼ਤ ਨਹੀਂ ਕਰ ਸਕਦੇ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਪਾਰਟੀਆਂ ਨੂੰ ਲੁਟੇਰੇ ਦੱਸਿਆ ਜਿਨ੍ਹਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦਹਾਕਿਆਂ ਤੱਕ ਪੰਜਾਬ ਦੀ ਦੌਲਤ ਲੁੱਟੀ। ਉਨ੍ਹਾਂ ਕਿਹਾ,”ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਦਾ ਇੱਕ ਹੋਰ ਮੌਕਾ ਮੰਗ ਰਹੀਆਂ ਹਨ, ਪਰ ਲੋਕ ਹੁਣ ਉਨ੍ਹਾਂ ਨੂੰ ਸੱਤਾ ਵਿੱਚ ਨਹੀਂ, ਸਿਰਫ਼ ਜੇਲ੍ਹ ਭੇਜਣਗੇ।”

Exit mobile version