ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਧੰਦਾ ਬਣਾਉਣ ਦੇ ਉਦੇਸ਼ ਨਾਲ ਕਿਸਾਨ ਕ੍ਰੈਡਿਟ ਕਾਰਡ (KCC) ਸਕੀਮ ਸਬੰਧੀ ਅਹਿਮ ਫੈਸਲਿਆਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਗਈ।
ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਣਕ, ਝੋਨੇ ਅਤੇ ਹੋਰ ਪ੍ਰਮੁੱਖ ਫ਼ਸਲਾਂ ਲਈ ਕਰਜ਼ਾ ਸੀਮਾਵਾਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਲਈ ਵਧੇਰੇ ਵਿੱਤੀ ਸਹਾਇਤਾ ਮਿਲ ਸਕੇ। ਇਸ ਦੇ ਨਾਲ ਹੀ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਕਲਪਕ ਫ਼ਸਲਾਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਵਿਸ਼ੇਸ਼ ਕਰਜ਼ਾ ਲਿਮਟ ਨਿਰਧਾਰਤ ਕੀਤੀ ਗਈ ਹੈ।
ਖਾਸ ਗੱਲ ਇਹ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਾਗਬਾਨੀ ਅਤੇ ਨਕਦੀ ਫ਼ਸਲਾਂ ਨੂੰ ਵੀ KCC ਸਕੀਮ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਹੁਣ ਬਾਂਸ, ਹਾਈਬ੍ਰਿਡ ਟਮਾਟਰ, ਡਰੈਗਨ ਫਰੂਟ, ਚੀਆ ਸੀਡਜ਼, ਪਿਆਜ਼ ਅਤੇ ਮੱਛੀ ਪਾਲਣ ਵਰਗੇ ਖੇਤਰਾਂ ਨਾਲ ਜੁੜੇ ਕਿਸਾਨ ਵੀ ਇਸ ਸਕੀਮ ਦਾ ਲਾਭ ਲੈ ਸਕਣਗੇ। ਇਸ ਕਦਮ ਨੂੰ ਖੇਤੀਬਾੜੀ ਦੇ ਆਧੁਨਿਕੀਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਇੱਕ ਮਹੱਤਵਪੂਰਨ ਪਹਿਲ ਮੰਨਿਆ ਜਾ ਰਿਹਾ ਹੈ।
ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘੱਟ ਤੋਂ ਘੱਟ ਵਿਆਜ ਦਰਾਂ ਅਤੇ ਹੋਰ ਵਿੱਤੀ ਸਹੂਲਤਾਂ ਦਾ ਲਾਭ ਲੈਣ ਲਈ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁਲਵਾਉਣ ਅਤੇ ਸਰਕਾਰੀ ਯੋਜਨਾਵਾਂ ਨਾਲ ਵੱਧ ਤੋਂ ਵੱਧ ਜੁੜਨ।
ਇਹ ਵੀ ਕਿਹਾ ਗਿਆ ਕਿ ਕਿਸਾਨਾਂ ਨੂੰ ਵਧੀਆ ਸਹੂਲਤਾਂ ਅਤੇ ਮਜ਼ਬੂਤ ਆਰਥਿਕ ਸਹਾਰਾ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਤਾਂ ਜੋ ਪੰਜਾਬ ਦਾ ਅੰਨਦਾਤਾ ਹੋਰ ਖੁਸ਼ਹਾਲ ਅਤੇ ਸਸ਼ਕਤ ਬਣ ਸਕੇ।
