ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ JEE ਅਤੇ NEET ਵਰਗੀਆਂ ਦੇਸ਼ ਦੀਆਂ ਸਭ ਤੋਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਨੂੰ ਹਲਕੇ ਦੀ ਸਭ ਤੋਂ ਵੱਡੀ ਪ੍ਰਾਪਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਕਿਸੇ ਵੀ ਪੁਲ, ਸੜਕ ਜਾਂ ਹੋਰ ਵਿਕਾਸ ਕਾਰਜ ਨਾਲੋਂ ਕਈ ਗੁਣਾ ਵੱਡੀ ਹੈ ਕਿਉਂਕਿ ਇਹ ਇਲਾਕੇ ਦੇ ਬੱਚਿਆਂ ਦੇ ਭਵਿੱਖ ਨਾਲ ਜੁੜੀ ਹੋਈ ਹੈ।
ਹਲਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਪਹਿਲੀ ਵਾਰ ਉਨ੍ਹਾਂ ਦੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਪੰਜ ਵਿਦਿਆਰਥੀਆਂ ਨੇ JEE Mains ਅਤੇ ਅੱਠ ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਦਿਆਰਥੀ ਪਿੰਡਾਂ ਦੇ ਸਧਾਰਨ ਪਰਿਵਾਰਾਂ ਨਾਲ ਸੰਬੰਧਿਤ ਹਨ ਅਤੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਬਲਬੂਤੇ ਇਸ ਮੁਕਾਮ ਤੱਕ ਪਹੁੰਚੇ ਹਨ।
ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਸਾਰੇ ਹੋਣਹਾਰ ਵਿਦਿਆਰਥੀਆਂ ਦੀ ਅੱਗੇ ਦੀ ਪੜ੍ਹਾਈ ਦਾ ਪੂਰਾ ਖਰਚਾ ਉਹ ਨਿੱਜੀ ਤੌਰ ‘ਤੇ ਚੁੱਕਣਗੇ ਤਾਂ ਜੋ ਆਰਥਿਕ ਮੁਸ਼ਕਲਾਂ ਉਨ੍ਹਾਂ ਦੇ ਸੁਪਨਿਆਂ ਦੇ ਰਾਹ ਵਿੱਚ ਰੁਕਾਵਟ ਨਾ ਬਣ ਸਕਣ। ਉਨ੍ਹਾਂ ਕਿਹਾ ਕਿ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਮੌਕੇ ਪ੍ਰਦਾਨ ਕਰਨਾ ਸਮਾਜ ਅਤੇ ਸੂਬੇ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਗਏ ਸੁਧਾਰ ਹੁਣ ਨਤੀਜੇ ਦੇਣ ਲੱਗੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ, ਜੋ ਇਹ ਦਰਸਾਉਂਦਾ ਹੈ ਕਿ ਗੁਣਵੱਤਾ ਵਾਲੀ ਸਿੱਖਿਆ ਹੁਣ ਪਿੰਡਾਂ ਦੇ ਬੱਚਿਆਂ ਤੱਕ ਵੀ ਪਹੁੰਚ ਰਹੀ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸਿਰਫ਼ ਇਸ ਸਫਲਤਾ ਤੱਕ ਸੀਮਿਤ ਨਹੀਂ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਗਲੇ ਸਾਲ ਇਸ ਤੋਂ ਵੀ ਵੱਧ ਵਿਦਿਆਰਥੀ JEE ਅਤੇ NEET ਵਰਗੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਕੇ ਨਵਾਂ ਕੀਰਤੀਮਾਨ ਸਥਾਪਤ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਉਸਦੀ ਯੋਗਤਾ ਅਨੁਸਾਰ ਅੱਗੇ ਵਧਣ ਦਾ ਮੌਕਾ ਦੇਣਾ ਹੈ, ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਦੇਸ਼ ਅਤੇ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ।
ਇਹ ਇੱਕ ਵੈੱਬ ਆਧਾਰਿਤ ਨਿਊਜ਼ ਰਿਪੋਰਟ ਹੈ।
