ਕਪੂਰਥਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੀ 14ਵੀਂ ਕਾਨਵੋਕੇਸ਼ਨ ਵਿੱਚ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਡਿਗਰੀ ਸਿਰਫ਼ ਕਾਗਜ਼ ਦਾ ਇੱਕ ਟੁਕੜਾ ਨਹੀਂ ਹੁੰਦੀ, ਸਗੋਂ ਇਹ ਨੌਜਵਾਨਾਂ ਦੀ ਮਿਹਨਤ, ਲਗਨ ਅਤੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਵਧਾਇਆ ਗਿਆ ਮਹੱਤਵਪੂਰਨ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣਾ ਨਹੀਂ, ਬਲਕਿ ਉਨ੍ਹਾਂ ਨੂੰ ਅਜਿਹੇ ਸਮਰੱਥ ਉਦਯੋਗਪਤੀ ਅਤੇ ਉੱਦਮੀ ਬਣਾਉਣਾ ਹੈ, ਜੋ ਖ਼ੁਦ ਰੋਜ਼ਗਾਰ ਸਥਾਪਤ ਕਰਨ ਦੇ ਨਾਲ-ਨਾਲ ਦੂਜਿਆਂ ਲਈ ਵੀ ਰੋਜ਼ਗਾਰ ਦੇ ਮੌਕੇ ਪੈਦਾ ਕਰ ਸਕਣ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਦੀ ਸਿੱਖਿਆ, ਹੁਨਰ ਵਿਕਾਸ ਅਤੇ ਉੱਦਮਸ਼ੀਲਤਾ ਪੰਜਾਬ ਦੀ ਆਰਥਿਕ ਤਰੱਕੀ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਪੰਜਾਬ ਦੇ ਸੁਨਹਿਰੇ ਭਵਿੱਖ ਦੀਆਂ ਦੋ ਮਹੱਤਵਪੂਰਨ ਕੁੰਜੀਆਂ ਹਨ। ਸਿੱਖਿਆ ਨੌਜਵਾਨਾਂ ਨੂੰ ਗਿਆਨ ਅਤੇ ਨਵੀਆਂ ਸੰਭਾਵਨਾਵਾਂ ਨਾਲ ਜੋੜਦੀ ਹੈ, ਜਦਕਿ ਖੇਡਾਂ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ। ਉਨ੍ਹਾਂ ਅਨੁਸਾਰ, ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਆਪਣੇ ਗਿਆਨ ਅਤੇ ਹੁਨਰ ਦੀ ਵਰਤੋਂ ਕਰਕੇ ਆਪਣੇ ਪਰਿਵਾਰਾਂ, ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਅਤੇ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ।
ਆਪਣੇ ਸੰਦੇਸ਼ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਨਵੇਂ ਡਿਗਰੀਧਾਰਕਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦਿੱਤਾ।