jeevaypunjab.com

ਜਲੰਧਰ ਕਾਂਗਰਸ ਦੇ ਮੌਜੂਦਾ ਮੀਤ ਪ੍ਰਧਾਨ ਮਾਈਕ ਖੋਸਲਾ, ਭਾਜਪਾ ਯੁਵਾ ਮੋਰਚਾ ਦੇ ਬੁਲਾਰੇ ਪ੍ਰਸ਼ਾਂਤ ਗੰਭੀਰ ਸਮੇਤ ਸਾਬਕਾ ਡੀਐੱਸਪੀ ਸੁਰਿੰਦਰ ਪਾਲ ਡੋਗਰੀ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਨਵੇਂ ਸਾਥੀਆਂ ਦਾ ਸਵਾਗਤ, ਕਿਹਾ- ਤਜਰਬੇਕਾਰ ਸ਼ਖ਼ਸੀਅਤਾਂ ਦੇ ਜੁੜਨ ਨਾਲ ਆਮ ਆਦਮੀ ਪਾਰਟੀ ਨੂੰ ਮਿਲੇਗੀ ਹੋਰ ਮਜ਼ਬੂਤੀ

ਚੰਡੀਗੜ੍ਹ: ਪੰਜਾਬ ਵਿੱਚ ਸਿਆਸੀ ਸਰਗਰਮੀਆਂ ਦਰਮਿਆਨ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਨਵੀਂ ਮਜ਼ਬੂਤੀ ਮਿਲੀ, ਜਦੋਂ ਜਲੰਧਰ ਕਾਂਗਰਸ ਦੇ ਮੌਜੂਦਾ ਮੀਤ ਪ੍ਰਧਾਨ ਮਾਈਕ ਖੋਸਲਾ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਅਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸਮੇਤ ਪੰਜਾਬ ਪੁਲਿਸ ਵਿੱਚ ਡੀਐੱਸਪੀ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸ਼ਖ਼ਸੀਅਤਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਤਜਰਬਾ ਅਤੇ ਆਪਣੀ ਪਛਾਣ ਰੱਖਣ ਵਾਲੇ ਲੋਕਾਂ ਦਾ ‘ਆਪ’ ਨਾਲ ਜੁੜਨਾ ਪਾਰਟੀ ਲਈ ਅਹਿਮ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਨਵੀਂ ਪਾਰੀ ਦੀ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਿਆਸੀ ਘਟਨਾਕ੍ਰਮ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਾਈਕ ਖੋਸਲਾ ਅਤੇ ਪ੍ਰਸ਼ਾਂਤ ਗੰਭੀਰ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿੱਚ ਭਰੋਸਾ ਪ੍ਰਗਟਾਉਂਦਿਆਂ ਪਾਰਟੀ ਦਾ ਪੱਲਾ ਫੜਿਆ ਹੈ। ਇਸ ਦੇ ਨਾਲ ਹੀ ਪੁਲਿਸ ਵਿਭਾਗ ਵਿੱਚ ਡੀਐੱਸਪੀ ਵਜੋਂ ਆਪਣੀ ਬੇਦਾਗ਼ ਅਤੇ ਸ਼ਾਨਦਾਰ ਸੇਵਾ ਲਈ ਜਾਣੇ ਜਾਂਦੇ ਸੁਰਿੰਦਰ ਪਾਲ ਡੋਗਰੀ ਦਾ ਵੀ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਇਸ ਸਿਆਸੀ ਸ਼ਮੂਲੀਅਤ ਨੂੰ ਜਲੰਧਰ ਅਤੇ ਪੰਜਾਬ ਦੀ ਸਿਆਸਤ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਖਾਸ ਤੌਰ ‘ਤੇ ਕਾਂਗਰਸ ਅਤੇ ਭਾਜਪਾ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਆਮ ਆਦਮੀ ਪਾਰਟੀ ਵਿੱਚ ਆਉਣਾ ਪਾਰਟੀ ਦੇ ਸਿਆਸੀ ਵਿਸਥਾਰ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਭਗਵੰਤ ਮਾਨ ਨੇ ਭਰੋਸਾ ਜਤਾਇਆ ਕਿ ਇਨ੍ਹਾਂ ਤਜਰਬੇਕਾਰ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਪਾਰਟੀ ਦੀ ਜਥੇਬੰਦਕ ਤਾਕਤ ਵਿੱਚ ਵਾਧਾ ਹੋਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਚੱਲ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ।

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ‘ਰੰਗਲਾ ਪੰਜਾਬ’ ਦੀ ਸਿਰਜਣਾ ਦੇ ਟੀਚੇ ਨੂੰ ਦੁਹਰਾਉਂਦਿਆਂ ਸਾਰਿਆਂ ਨੂੰ ਮਿਲ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

Exit mobile version