
ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਬਣਨਗੇ ਨਿਆਂਇਕ ਬੈਂਚ; ਲੋਕ ਆਪਸੀ ਸਹਿਮਤੀ ਨਾਲ ਕਰਵਾ ਸਕਣਗੇ ਲੰਬਿਤ ਕੇਸਾਂ ਦਾ ਨਿਪਟਾਰਾ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ
ਪਟਿਆਲਾ । ਲੋਕਾਂ ਨੂੰ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਤੋਂ ਰਾਹਤ ਦਿਵਾਉਣ ਅਤੇ ਆਪਸੀ ਸਹਿਮਤੀ ਰਾਹੀਂ ਵਿਵਾਦਾਂ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ 12 ਦਸੰਬਰ ਨੂੰ ਪਟਿਆਲਾ ਸੈਸ਼ਨ ਡਿਵੀਜ਼ਨ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਤਹਿਤ ਪਟਿਆਲਾ ਤੋਂ ਇਲਾਵਾ ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਵੀ ਵਿਸ਼ੇਸ਼ ਨਿਆਂਇਕ ਬੈਂਚ ਸਥਾਪਤ ਕੀਤੇ ਜਾਣਗੇ।
ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਵਤਾਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਦੇ ਲੰਬਿਤ ਕੇਸਾਂ ਨੂੰ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਯਤਨ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਲੰਬੀ ਅਦਾਲਤੀ ਪ੍ਰਕਿਰਿਆ ਤੋਂ ਰਾਹਤ ਮਿਲ ਸਕੇਗੀ।
ਲੋਕ ਅਦਾਲਤ ਵਿੱਚ ਚੈੱਕ ਬਾਊਂਸ, ਬੈਂਕਾਂ ਦੀ ਕਰਜ਼ਾ ਵਸੂਲੀ, ਮੋਟਰ ਵਹੀਕਲ ਐਕਟ ਨਾਲ ਸਬੰਧਤ ਮਾਮਲੇ, ਪਰਿਵਾਰਕ ਝਗੜੇ ਅਤੇ ਵਿਆਹ ਸਬੰਧੀ ਵਿਵਾਦਾਂ ਨੂੰ ਸੁਣਿਆ ਜਾਵੇਗਾ। ਤਲਾਕ ਦੇ ਮਾਮਲੇ ਇਸ ਤੋਂ ਬਾਹਰ ਰਹਿਣਗੇ। ਇਸ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਕੇਸਾਂ, ਟ੍ਰੈਫਿਕ ਚਲਾਨਾਂ ਅਤੇ ਹੋਰ ਦੀਵਾਨੀ ਵਿਵਾਦਾਂ ਦਾ ਵੀ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਜਾ ਸਕੇਗਾ।
ਅਵਤਾਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਕੇਸਾਂ ਅਤੇ ਝਗੜਿਆਂ ਨੂੰ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਆਪਸੀ ਸਹਿਮਤੀ ਨਾਲ ਵਿਵਾਦ ਹੱਲ ਹੋਣ ਨਾਲ ਨਾ ਸਿਰਫ਼ ਅਦਾਲਤੀ ਸਮਾਂ ਬਚਦਾ ਹੈ, ਸਗੋਂ ਲੋਕਾਂ ਦੀ ਮਿਹਨਤ ਦੀ ਕਮਾਈ ਅਤੇ ਸਮਾਂ ਵੀ ਬਚਦਾ ਹੈ। ਇਸ ਪ੍ਰਕਿਰਿਆ ਰਾਹੀਂ ਧਿਰਾਂ ਨੂੰ ਲੰਬੀ ਕਾਨੂੰਨੀ ਕਾਰਵਾਈ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਅਮਨਦੀਪ ਕੰਬੋਜ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।