
ਕਿਹਾ, ਮੁਫ਼ਤ ਬਿਜਲੀ, ਰੁਜ਼ਗਾਰ, ਨਹਿਰੀ ਪਾਣੀ ਅਤੇ ਸਿਹਤ ਸਹੂਲਤਾਂ ਨੇ ਸਰਕਾਰ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਕੀਤਾ; ਪੁਰਾਣੇ ਸਿਆਸੀ ਵਾਅਦਿਆਂ ਦੀ ਥਾਂ ਵਿਕਾਸ ਨੂੰ ਤਰਜੀਹ ਦੇ ਰਿਹਾ ਹੈ ਪੰਜਾਬ
ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਦੌਰਾਨ ਇਕੱਠੀ ਹੋਈ ਵੱਡੀ ਭੀੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਅਤੇ ‘ਕੰਮ ਦੀ ਰਾਜਨੀਤੀ’ ਪ੍ਰਤੀ ਲੋਕਾਂ ਦੇ ਸਮਰਥਨ ਦਾ ਪ੍ਰਗਟਾਵਾ ਦੱਸਿਆ ਹੈ। ਰੈਲੀ ਤੋਂ ਬਾਅਦ ਜਾਰੀ ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਮੋਗਾ ਦੀ ਧਰਤੀ ’ਤੇ ਲੋਕਾਂ ਦਾ ਭਾਰੀ ਇਕੱਠ ਸਿਰਫ਼ ਸਿਆਸੀ ਰੈਲੀ ਤੱਕ ਸੀਮਤ ਨਹੀਂ, ਸਗੋਂ ਸਰਕਾਰ ਵੱਲੋਂ ਕੀਤੇ ਕੰਮਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਖੇਤਾਂ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਯਤਨ, ਸਿਹਤ ਸਹੂਲਤਾਂ ਅਤੇ ਔਰਤਾਂ ਦੇ ਸਨਮਾਨ ਲਈ ਚੁੱਕੇ ਗਏ ਕਦਮਾਂ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਤਬਦੀਲੀ ਲਿਆਉਣ ਦਾ ਕੰਮ ਕੀਤਾ ਹੈ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ 77 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਮੁਫ਼ਤ ਬਿਜਲੀ ਦੀ ਸਹੂਲਤ, 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਵੀ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ ਵਜੋਂ ਪੇਸ਼ ਕੀਤਾ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜਦੋਂ ਸਰਕਾਰ ਦੀਆਂ ਨੀਤੀਆਂ ਦਾ ਲਾਭ ਆਮ ਪਰਿਵਾਰਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਤੱਕ ਪਹੁੰਚਦਾ ਹੈ ਤਾਂ ਲੋਕਾਂ ਦਾ ਸਮਰਥਨ ਆਪਣੇ ਆਪ ਮਿਲਦਾ ਹੈ। ਉਨ੍ਹਾਂ ਮੋਗਾ ਰੈਲੀ ਵਿੱਚ ਸ਼ਾਮਲ ਹੋਏ ਲੋਕਾਂ ਦੇ ਉਤਸ਼ਾਹ ਨੂੰ ਸਰਕਾਰ ਦੀਆਂ ਨੀਤੀਆਂ ਪ੍ਰਤੀ ਭਰੋਸੇ ਦਾ ਸੰਕੇਤ ਦੱਸਿਆ।
ਉਨ੍ਹਾਂ ਵਿਰੋਧੀ ਪਾਰਟੀਆਂ ਦੀ ਪੁਰਾਣੀ ਸਿਆਸਤ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਹੁਣ ਸਿਰਫ਼ ਚੋਣਾਂ ਵੇਲੇ ਕੀਤੇ ਜਾਣ ਵਾਲੇ ਵਾਅਦਿਆਂ ਦੀ ਬਜਾਏ ਵਿਕਾਸ, ਰੁਜ਼ਗਾਰ ਅਤੇ ਖ਼ੁਸ਼ਹਾਲੀ ਨੂੰ ਤਰਜੀਹ ਦੇਣਾ ਚਾਹੁੰਦਾ ਹੈ। ਮੁੱਖ ਮੰਤਰੀ ਨੇ ਰੈਲੀ ਵਿੱਚ ਮਿਲੇ ਸਮਰਥਨ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ।
ਆਪਣੇ ਸੰਦੇਸ਼ ਦੇ ਅੰਤ ਵਿੱਚ ਭਗਵੰਤ ਮਾਨ ਨੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦਿੰਦਿਆਂ ਮੋਗਾ ਰੈਲੀ ਨੂੰ ਪੰਜਾਬ ਦੀ ਸਿਆਸਤ ਵਿੱਚ ਕੰਮ ਅਤੇ ਕਾਰਗੁਜ਼ਾਰੀ ਨੂੰ ਕੇਂਦਰ ਵਿੱਚ ਰੱਖਣ ਵਾਲੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ।