
ਪੰਜਾਬ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ 505 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ 158 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਤਿੰਨ ਭਗੌੜੇ ਅਪਰਾਧੀਆਂ ਨੂੰ ਵੀ ਪੁਲਿਸ ਨੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਕਾਰਵਾਈ ਦੌਰਾਨ ਤਿੰਨ ਹਥਿਆਰ ਵੀ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨ ਅਤੇ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ), ਪੰਜਾਬ ਦੇ ਤਾਲਮੇਲ ਨਾਲ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਲਗਾਤਾਰ ਛਾਪੇਮਾਰੀਆਂ ਕਰਕੇ ਸ਼ੱਕੀ ਅਪਰਾਧਿਕ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ, ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 86,864 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਵਿਭਾਗ ਨੇ ਦੁਹਰਾਇਆ ਹੈ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਕਾਰਵਾਈ ਸਿਰਫ਼ ਛਾਪੇਮਾਰੀਆਂ ਤੱਕ ਸੀਮਿਤ ਨਹੀਂ, ਸਗੋਂ ਰਣਨੀਤਿਕ ਯੋਜਨਾਬੰਦੀ ਅਤੇ ਵੱਖ-ਵੱਖ ਪੁਲਿਸ ਇਕਾਈਆਂ ਦੇ ਆਪਸੀ ਤਾਲਮੇਲ ਰਾਹੀਂ ਇਸ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਸੂਬੇ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਟੀਚੇ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।