jeevaypunjab.com

ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

ਪੁਲਿਸ ਟੀਮਾਂ ਨੇ 12 ਕਰੋੜ ਰੁਪਏ ਦੀ ਡਰੱਗ ਮਨੀ, 344 ਕਿਲੋ ਅਫੀਮ, 204 ਕਿਲੋ ਚੂਰਾ-ਪੋਸਤ, 31 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ

153ਵੇਂ ਦਿਨ 1.7 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਚੂਰਾ-ਪੋਸਤ  ਸਮੇਤ 92 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ( ਕਾਨੂੰਨ ਅਤੇ ਵਿਵਸਥਾ )ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਆਪ੍ਰੇਸ਼ਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਖੁਲਾਸਾ ਕੀਤਾ ਕਿ 1000 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 344 ਕਿਲੋਗ੍ਰਾਮ ਅਫੀਮ, 204 ਕੁਇੰਟਲ ਭੁੱਕੀ, 14 ਕਿਲੋਗ੍ਰਾਮ ਚਰਸ, 367 ਕਿਲੋਗ੍ਰਾਮ ਗਾਂਜਾ, 6 ਕਿਲੋਗ੍ਰਾਮ ਆਈ.ਸੀ.ਈ., 31.27 ਲੱਖ ਨਸ਼ੀਲੀਆਂ ਗੋਲੀਆਂ  ਅਤੇ 12.12 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

153ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਗਾਂਜਾ, 404 ਕਿਲੋਗ੍ਰਾਮ ਭੁੱਕੀ, 4865 ਨਸ਼ੀਲੀਆਂ ਗੋਲੀਆਂ ਅਤੇ 2490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 378 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 407 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Exit mobile version