ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਬਟਾਲਾ ਵਿੱਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿੱਖ ਪੰਥ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਨੂੰ ਜਲਦ ਕਰਵਾਉਣ ਦੀ ਮੰਗ ਨੂੰ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਕਰਵਾਉਣ ਲਈ ਲੋੜੀਂਦੀ ਪ੍ਰਕਿਰਿਆ ਅੱਗੇ ਵਧਾਈ ਜਾਣੀ ਚਾਹੀਦੀ ਹੈ।

ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ਦਾ ਮੁੱਦਾ ਵੀ ਵਿਚਾਰਿਆ ਗਿਆ। ਭਗਵੰਤ ਮਾਨ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਲਈ ਤੁਰੰਤ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਨੂੰ ਜਲਦ ਮੁਕੰਮਲ ਕਰਵਾਉਣ ਦੇ ਨਾਲ-ਨਾਲ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਪੰਥ ਨਾਲ ਜੁੜੇ ਮੁੱਦਿਆਂ ਨੂੰ ਸੰਵੇਦਨਸ਼ੀਲਤਾ ਨਾਲ ਲੈਂਦੀ ਹੈ ਅਤੇ ਹਰ ਪੰਥਕ ਮਾਮਲੇ ਦਾ ਜਲਦ, ਢੁੱਕਵਾਂ ਅਤੇ ਕਾਨੂੰਨੀ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।
ਮੀਟਿੰਗ ਨੂੰ ਪੰਥਕ ਮਸਲਿਆਂ ’ਤੇ ਸਰਕਾਰ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਸੰਵਾਦ ਨੂੰ ਅੱਗੇ ਵਧਾਉਣ ਦੇ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।




