ਸੰਗਰੂਰ ਬਣਿਆ ਸਕੇਟਿੰਗ ਦਾ ਹੱਬ, ਪੰਜਾਬ ਸਰਕਾਰ ਨੇ ਖੇਡਾਂ ਦਾ ਬਜਟ ਵਧਾ ਕੇ ਕੀਤਾ 1,790 ਕਰੋੜ ਰੁਪਏ: ਭਗਵੰਤ ਮਾਨ


ਸੰਗਰੂਰ:।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਸਕੇਟਿੰਗ ਟਰੈਕ ’ਤੇ ਨੰਨ੍ਹੇ ਖਿਡਾਰੀਆਂ ਅਤੇ ਨੌਜਵਾਨਾਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਅੱਜ ਸਕੇਟਿੰਗ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਇੱਥੋਂ ਦੇ ਖਿਡਾਰੀ ਹਰ ਸਾਲ ਕੌਮੀ ਪੱਧਰ ’ਤੇ 70 ਤੋਂ 80 ਤੱਕ ਤਗ਼ਮੇ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਦੀ ਮਿਹਨਤ ਨੂੰ ਅਹਿਮ ਦੱਸਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਵਿੱਚ ਅੱਗੇ ਵਧਾਉਣ ਲਈ ਪਰਿਵਾਰਾਂ ਦਾ ਸਮਰਥਨ ਅਤੇ ਕੋਚਾਂ ਦੀ ਲਗਨ ਬਹੁਤ ਮਹੱਤਵਪੂਰਨ ਹੈ। ਅਜਿਹੇ ਯਤਨਾਂ ਸਦਕਾ ਹੀ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੀ ਪਛਾਣ ਹਮੇਸ਼ਾ ਮੋਹਰੀ ਰਹਿਣ ਅਤੇ ਉੱਚੇ ਮੁਕਾਮ ਹਾਸਲ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ, ਹਾਕੀ ਅਤੇ ਬਾਸਕਟਬਾਲ ਟੀਮਾਂ ਦੀ ਕਪਤਾਨੀ ਪੰਜਾਬੀਆਂ ਵੱਲੋਂ ਕੀਤੇ ਜਾਣਾ ਸੂਬੇ ਦੀ ਖੇਡ ਪ੍ਰਤਿਭਾ ਅਤੇ ਖੇਡਾਂ ਪ੍ਰਤੀ ਜਨੂੰਨ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਡਾਂ ਦਾ ਬਜਟ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਬਿਹਤਰ ਮੌਕੇ ਦੇਣਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨਾ ਹੈ।

ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਦੇ ਬੱਚੇ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ ਅਤੇ ਆਪਣੀਆਂ ਪ੍ਰਾਪਤੀਆਂ ਨਾਲ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ, ਲੋੜੀਂਦੀਆਂ ਸਹੂਲਤਾਂ ਅਤੇ ਹੌਸਲਾ ਮਿਲੇ ਤਾਂ ਉਹ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦੇ ਹਨ।

ਮੁੱਖ ਮੰਤਰੀ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।