
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਹੋਣਹਾਰ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਿਤ ਕਰਕੇ ਉਸ ਦੀ ਸ਼ਾਨਦਾਰ ਖੇਡ ਪ੍ਰਾਪਤੀ ਦੀ ਸ਼ਲਾਘਾ ਕੀਤੀ।
ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਜਲੰਧਰ-ਮੋਹਾਲੀ ਵਿਖੇ ਕਰਵਾਏ ਗਏ ਏਸ਼ੀਅਨ ਹਾਕੀ ਟੂਰਨਾਮੈਂਟ ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦਿਆਂ ਸੋਨ ਤਗਮਾ ਜਿੱਤ ਕੇ ਪੰਜਾਬ ਅਤੇ ਆਪਣੇ ਜੱਦੀ ਪਿੰਡ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਨੂੰ ਖੇਡ ਜਗਤ ਵਿੱਚ ਪੰਜਾਬ ਦੀ ਮਜ਼ਬੂਤ ਪਛਾਣ ਅਤੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਵਜੋਂ ਦੇਖਿਆ ਜਾ ਰਿਹਾ ਹੈ।
ਹਰਭਜਨ ਸਿੰਘ ਈਟੀਓ ਨੇ ਜਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀ ਆਪਣੀ ਕਾਬਲੀਅਤ ਨਾਲ ਨਾ ਸਿਰਫ਼ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ, ਸਗੋਂ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਵੀ ਅੱਗੇ ਵਧਾਉਂਦੇ ਹਨ।
ਉਨ੍ਹਾਂ ਜਰਮਨਪ੍ਰੀਤ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਆਪਣੀਆਂ ਸ਼ਾਨਦਾਰ ਖੇਡ ਪ੍ਰਾਪਤੀਆਂ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਉਂਦਾ ਰਹੇਗਾ।






