ਡਾ. ਹਰਬੰਸ ਲਾਲ ਦੀ ਅਗਵਾਈ ’ਚ ਭਾਜਪਾ ਆਗੂਆਂ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਨਿੱਘਾ ਸਵਾਗਤ, ਡੇਰਾ ਸੱਚਖੰਡ ਬੱਲਾਂ ਤੋਂ ਸਮਰਸਤਾ ਸੰਕਲਪ ਯਾਤਰਾ ਦੀ ਹੋਵੇਗੀ ਸ਼ੁਰੂਆਤ


ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਵਿਖੇ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।

ਨਿਤਿਨ ਨਵੀਨ ਪੰਜਾਬ ਦੌਰੇ ਦੌਰਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ। ਇਸ ਯਾਤਰਾ ਦਾ ਉਦੇਸ਼ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਆਪਸੀ ਸਾਂਝ ਅਤੇ ਭਾਈਚਾਰਕ ਸਦਭਾਵਨਾ ਦੇ ਸੰਦੇਸ਼ ਨੂੰ ਪੰਜਾਬ ਦੇ ਹਰ ਵਰਗ ਅਤੇ ਹਰ ਘਰ ਤੱਕ ਪਹੁੰਚਾਉਣਾ ਦੱਸਿਆ ਗਿਆ ਹੈ।

ਇਸ ਮੌਕੇ ਡਾ. ਹਰਬੰਸ ਲਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਅਤੇ ਧਾਰਮਿਕ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ਮਨੁੱਖੀ ਬਰਾਬਰੀ, ਸਮਾਜਿਕ ਸਾਂਝ ਅਤੇ ਜਾਤੀਵਾਦ ਦੇ ਆਧਾਰ ’ਤੇ ਪੈਦਾ ਹੋਣ ਵਾਲੀ ਨਫ਼ਰਤ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਅਨੁਸਾਰ, ਯਾਤਰਾ ਰਾਹੀਂ ਇਨ੍ਹਾਂ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਡਾ. ਹਰਬੰਸ ਲਾਲ ਨੇ ਨਿਤਿਨ ਨਵੀਨ ਨੂੰ ਗੁਰੂਆਂ ਅਤੇ ਮਹਾਨ ਇਤਿਹਾਸਕ ਵਿਰਾਸਤ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਆਪਣੇ ਸਿਆਸੀ ਅਤੇ ਪ੍ਰਸ਼ਾਸਨਿਕ ਕਾਰਜਕਾਲ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 1992 ਤੋਂ 2007 ਤੱਕ ਲਗਾਤਾਰ ਸਰਹਿੰਦ-ਫਤਿਹਗੜ੍ਹ ਸਾਹਿਬ ਹਲਕੇ ਦੀ ਨੁਮਾਇੰਦਗੀ ਕੀਤੀ। ਇਸ ਦੌਰਾਨ ਉਹ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਇੱਕ ਵਾਰ ਚੀਫ਼ ਪਾਰਲੀਮੈਂਟਰੀ ਸਕੱਤਰ ਵੀ ਰਹੇ।

ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਮਿਲਣਾ ਇਲਾਕੇ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਸੀ। ਉਨ੍ਹਾਂ ਇਸ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨਾਲ ਜੁੜੀ ਧਰਤੀ ਦੇ ਸਨਮਾਨ ਵਜੋਂ ਵੀ ਦਰਸਾਇਆ।

ਡਾ. ਹਰਬੰਸ ਲਾਲ ਨੇ ਉਮੀਦ ਜਤਾਈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਸਹਿਯੋਗ ਨਾਲ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਤੇ ਬਿਹਤਰ ਭਵਿੱਖ ਦੇ ਮੌਕੇ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਨੀਤੀ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਸਰਕਾਰੀ ਮੁਲਾਜ਼ਮਾਂ ਅਤੇ ਦੁਕਾਨਦਾਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।