ਪੰਜਾਬੀ ਭਵਨ ਵਿੱਚ ਤੀਜਾ ਸਾਲਾਨਾ ਪੁਸਤਕ ਮੇਲਾ ਸ਼ੁਰੂ, ਮੇਅਰ ਇੰਦਰਜੀਤ ਕੌਰ ਨੇ ਕੀਤਾ ਉਦਘਾਟਨ

ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰਕ ਵਿਰਸੇ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਦਾ ਸੱਦਾ

ਲੁਧਿਆਣਾ, : ਪੰਜਾਬੀ ਸਾਹਿਤ, ਭਾਸ਼ਾ ਅਤੇ ਪੜ੍ਹਨ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬੀ ਭਵਨ ਵਿਖੇ ਲਗਾਏ ਗਏ ਤੀਜੇ ਸਾਲਾਨਾ ਪੁਸਤਕ ਮੇਲੇ ਦਾ ਉਦਘਾਟਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਤਾਬਾਂ ਨੂੰ ਸਮਾਜ ਦੀ ਬੌਧਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਆਧਾਰ ਦੱਸਦਿਆਂ ਲੋਕਾਂ ਨੂੰ ਸਾਹਿਤ ਨਾਲ ਜੁੜਨ ਦੀ ਅਪੀਲ ਕੀਤੀ।

ਮੇਲੇ ਦੇ ਪ੍ਰਬੰਧਕਾਂ ਅਤੇ ਇਸ ਵਿੱਚ ਹਿੱਸਾ ਲੈਣ ਵਾਲਿਆਂ ਨਾਲ ਗੱਲਬਾਤ ਕਰਦਿਆਂ ਮੇਅਰ ਨੇ ਕਿਹਾ ਕਿ ਪੁਸਤਕਾਂ ਮਨੁੱਖ ਨੂੰ ਸਿਰਫ਼ ਨਵਾਂ ਗਿਆਨ ਹੀ ਨਹੀਂ ਦਿੰਦੀਆਂ, ਸਗੋਂ ਇਤਿਹਾਸ, ਸੱਭਿਆਚਾਰ, ਰਵਾਇਤਾਂ ਅਤੇ ਸਮਾਜ ਦੀ ਵਿਚਾਰਧਾਰਕ ਵਿਰਾਸਤ ਨੂੰ ਸਾਂਭਣ ਦਾ ਵੀ ਮਹੱਤਵਪੂਰਨ ਸਾਧਨ ਹਨ। ਕਿਤਾਬਾਂ ਰਾਹੀਂ ਹੀ ਪਿਛਲੀਆਂ ਪੀੜ੍ਹੀਆਂ ਦੇ ਤਜਰਬੇ ਅਤੇ ਵਿਚਾਰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਦੇ ਹਨ।

ਉਨ੍ਹਾਂ ਕਿਹਾ ਕਿ ਤਕਨਾਲੋਜੀ ਦੇ ਵਧਦੇ ਪ੍ਰਭਾਵ ਅਤੇ ਬਦਲਦੇ ਜੀਵਨ-ਢੰਗ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜ ਕੇ ਰੱਖਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ। ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਪਰਿਵਾਰਾਂ ਅਤੇ ਸਮਾਜ ਨੂੰ ਸਾਂਝੇ ਤੌਰ ’ਤੇ ਯਤਨ ਕਰਨੇ ਚਾਹੀਦੇ ਹਨ।

ਮੇਅਰ ਨੇ ਕਿਹਾ ਕਿ ਸਾਹਿਤ ਮਨੁੱਖ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦਾ ਹੈ ਅਤੇ ਉਸ ਨੂੰ ਆਪਣੇ ਇਤਿਹਾਸ, ਵਿਰਸੇ ਤੇ ਪਰੰਪਰਾਵਾਂ ਨੂੰ ਸਮਝਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮਾਂ-ਬੋਲੀ ਵਿੱਚ ਸਾਹਿਤ ਪੜ੍ਹਨ ਦੀ ਆਦਤ ਨੂੰ ਵਧਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਮੁਤਾਬਕ ਆਪਣੀ ਭਾਸ਼ਾ ਅਤੇ ਸਾਹਿਤ ਨਾਲ ਜੁੜਾਅ ਸਮਾਜ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੜ੍ਹਨ ਨੂੰ ਸਿਰਫ਼ ਵਿਦਿਆਰਥੀ ਜੀਵਨ ਜਾਂ ਪੜ੍ਹਾਈ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ। ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ ਅਤੇ ਘਰਾਂ ਵਿੱਚ ਪੜ੍ਹਨ ਲਈ ਅਨੁਕੂਲ ਮਾਹੌਲ ਤਿਆਰ ਕਰਨ।

ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ, “ਆਓ ਅਸੀਂ ਕਿਤਾਬਾਂ ਨਾਲ ਜੁੜੀਏ, ਆਪਣੀ ਮਾਂ-ਬੋਲੀ ਦਾ ਸਤਿਕਾਰ ਕਰੀਏ ਅਤੇ ਹਰ ਘਰ ਵਿੱਚ ਗਿਆਨ ਦਾ ਚਾਨਣ ਫੈਲਾਈਏ।”

ਪੰਜਾਬੀ ਸਾਹਿਤ ਅਕਾਦਮੀ ਵੱਲੋਂ ਕਰਵਾਏ ਜਾ ਰਹੇ ਇਸ ਪੁਸਤਕ ਮੇਲੇ ਦਾ ਮੁੱਖ ਮਕਸਦ ਲੋਕਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ, ਸਾਹਿਤਕ ਸਰਗਰਮੀਆਂ ਨੂੰ ਹੁਲਾਰਾ ਦੇਣਾ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਵਧੇਰੇ ਲੋਕਾਂ ਨੂੰ ਜੋੜਨਾ ਹੈ।