ਮੁੱਖ ਮੰਤਰੀ ਤੀਰਥ ਯਾਤਰਾ ਦੇ ਸ਼ਰਧਾਲੂਆਂ ਦਾ  ਅੰਮ੍ਰਿਤਸਰ ਪੁੱਜਣ ਉੱਤੇ ਨਿੱਘਾ ਸਵਾਗਤ


ਅੰਮ੍ਰਿਤਸਰ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧੂਰੀ ਤੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਵਾਲੀਆਂ ਜੋ ਬੱਸਾਂ ਨੂੰ ਪਹਿਲੇ ਬੈਚ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਸੀ, ਦੇਰ ਸ਼ਾਮ ਅੰਮ੍ਰਿਤਸਰ ਪੁੱਜੀਆਂ ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਜ਼ਿਲ੍ਹਾ ਮਾਲ ਅਧਿਕਾਰੀ ਸ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਯਾਤਰਾ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਹੈ।
ਸ੍ਰੀ ਗੁਪਤਾ ਨੇ ਕਿਹਾ ਕਿ ਇਹ ਯਾਤਰਾ ਉਨ੍ਹਾਂ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰੇਗੀ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਆਏ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।
ਦੱਸਣਯੋਗ ਹੈ  ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ। ਸ਼ਰਧਾਲੂਆਂ ਨੂੰ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਸ਼ਰਧਾਲੂਆਂ ਨੇ ਖੁਸ਼ੀ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਸੀਂ ਆਪਣੇ ਆਪ ਨੂੰ ਵੱਡੇ ਭਾਗਾਂ ਵਾਲੇ ਸਮਝਦੇ ਹਾਂ ਕਿ ਅੱਜ ਅੰਮ੍ਰਿਤਸਰ ਦੀ ਧਰਤੀ ਉੱਤੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ।