ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿਖੇ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਸੰਗਤਾਂ ਨਾਲ ਸੰਵਾਦ ਕੀਤਾ ਅਤੇ ਸਮਾਜਿਕ ਸਾਂਝ, ਧਾਰਮਿਕ ਸਦਭਾਵਨਾ ਅਤੇ ਲੋਕ-ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਮਹਾਨ ਸੰਤਾਂ ਦੀ ਧਰਤੀ ਹੈ, ਜਿੱਥੇ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝੀਵਾਲਤਾ ਸਦੀਆਂ ਤੋਂ ਸੱਭਿਆਚਾਰ ਦੀ ਪਹਿਚਾਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰੂਹ ਨਫ਼ਰਤ ਨਹੀਂ, ਸਗੋਂ ਏਕਤਾ ਅਤੇ ਆਪਸੀ ਸਤਿਕਾਰ ਵਿੱਚ ਵੱਸਦੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 1 ਅਗਸਤ ਤੋਂ ਸ਼ਰਧਾਲੂਆਂ ਲਈ ਨਵੀਆਂ ਤੀਰਥ ਯਾਤਰਾ ਬੱਸ ਸੇਵਾਵਾਂ ਸ਼ੁਰੂ ਕਰਨ ਜਾ ਰਹੀ ਹੈ। ਇਨ੍ਹਾਂ ਬੱਸਾਂ ਰਾਹੀਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਤੱਕ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਮੁੜ ਲੋਕਾਂ ਦੀ ਭਲਾਈ ਲਈ ਹੀ ਵਰਤ ਰਹੀ ਹੈ। ਉਨ੍ਹਾਂ ਮੁਫ਼ਤ ਬਿਜਲੀ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾਵਾਂ ਦੇ ਸਨਮਾਨ ਅਤੇ ਤੀਰਥ ਯਾਤਰਾ ਵਰਗੀਆਂ ਲੋਕ-ਕੇਂਦਰਿਤ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਤੱਕ ਭਲਾਈ ਦੀਆਂ ਯੋਜਨਾਵਾਂ ਪਹੁੰਚਾਉਣਾ ਹੈ।
ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਸੰਗਤਾਂ ਵੱਲੋਂ ਮਿਲੇ ਪਿਆਰ ਅਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਗਵਾਨ ਸ਼ਿਵ ਅੱਗੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।





