ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਸੁਪਨਿਆਂ, ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬੱਚੇ ਸੂਬੇ ਦਾ ਅਸਲ ਭਵਿੱਖ ਹਨ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਅੱਗੇ ਵਧਣ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਅਨੁਸਾਰ, ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜਿਨ੍ਹਾਂ ਰਾਹੀਂ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਸਿੱਖਿਆ, ਪ੍ਰਸ਼ਾਸਨ ਅਤੇ ਹੋਰ ਖੇਤਰਾਂ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ।
ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ, ਆਪਣੇ ਟੀਚੇ ਨਿਰਧਾਰਤ ਕਰਨ ਅਤੇ ਲਗਾਤਾਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਗੇ ਵਧਣ ਦੀ ਅਥਾਹ ਸਮਰੱਥਾ ਹੈ ਅਤੇ ਸਹੀ ਦਿਸ਼ਾ, ਮੌਕਿਆਂ ਤੇ ਉਤਸ਼ਾਹ ਨਾਲ ਉਹ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੀ ਪਛਾਣ ਬਣਾ ਸਕਦੇ ਹਨ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਡੇ ਅਹੁਦਿਆਂ ‘ਤੇ ਪਹੁੰਚ ਕੇ ਪੰਜਾਬ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖਿਆ ਹੀ ਉਨ੍ਹਾਂ ਨੂੰ ਨਵੀਆਂ ਸੰਭਾਵਨਾਵਾਂ ਅਤੇ ਸਫਲਤਾ ਵੱਲ ਲੈ ਜਾਣ ਦਾ ਮਹੱਤਵਪੂਰਨ ਸਾਧਨ ਹੈ।
ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਵਿਸ਼ਵ ਪੱਧਰੀ ਸਿੱਖਿਆ ਅਤੇ ਵਿਦਿਆਰਥੀਆਂ ਲਈ ਬਿਹਤਰ ਸਿੱਖਣ ਵਾਲਾ ਮਾਹੌਲ ਤਿਆਰ ਕਰਨ ਦੀ ਵਚਨਬੱਧਤਾ ਦੁਹਰਾਈ।




