
ਜੰਡਿਆਲਾ ਗੁਰੂ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਪਿੰਡ ਸੈਦੋ ਲਹਿਲ ਦੇ ਲਗਭਗ 50 ਪਰਿਵਾਰਾਂ ਨੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗਹਿਲ ਸਿੰਘ ਠੇਕੇਦਾਰ, ਮੌਜੂਦਾ ਕਾਂਗਰਸ ਮੈਂਬਰ ਬਲਵਿੰਦਰ ਕੌਰ ਅਤੇ ਸਾਬਕਾ ਮੈਂਬਰ ਜਗੀਰ ਸਿੰਘ ਸਮੇਤ ਹੋਰ ਪਰਿਵਾਰਕ ਮੈਂਬਰ ਸ਼ਾਮਲ ਹਨ। ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਦੇ ‘ਆਪ’ ਵਿੱਚ ਆਉਣ ਨੂੰ ਜੰਡਿਆਲਾ ਗੁਰੂ ਹਲਕੇ ਵਿੱਚ ਕਾਂਗਰਸ ਲਈ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕਰ ਰਹੇ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ।






