- November 13, 2024
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਮਹਾਨ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ, ( ਰਾਹੁਲ ਸੋਨੀ )
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੂਰੇ ਯੂਨੀਵਰਸਿਟੀ ਕੈਂਪਸ ਵਿੱਚ ਮਹਾਨ ਨਗਰ ਕੀਰਤਨ ਕੱਢਿਆ ਗਿਆ ਜਿਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਮਨਦੀਪ ਸਿੰਘ ਝੁਨੀਰ, ਹਰਸਲੀਨ ਕੌਰ, ਬਵਨੀਤ ਕੌਰ, ਨਵਜੋਤ ਸਿੰਘ ਅਤੇ ਹਸਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਸੰਗਤ ਵੱਲੋਂ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਅਤੇ ਪ੍ਰੋਫੈਸਰ ਅਮਰਜੀਤ ਸਿੰਘ ਮੁਖੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਵਾਇਸ ਚਾਂਸਲਰ ਸਾਹਿਬ ਨੇ ਗੁਰੂ ਮਹਾਰਾਜ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ। ਯੂਨੀਵਰਸਿਟੀ ਦੇ ਵੱਖ-ਵੱਖ ਅਧਿਆਪਨ, ਗੈਰ ਅਧਿਆਪਨ ਵਿਭਾਗਾਂ ਵੱਲੋਂ ਗੁਰੂ ਸਾਹਿਬ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦਾ ਪਹਿਲਾ ਪੜਾਅ ਰਿਹਾਇਸ਼ੀ ਖੇਤਰ ਡੀ ਬਲਾਕ, ਦੂਜਾ ਪੜਾਅ ਹੈ ਬਲਾਕ ਅਤੇ ਤੀਸਰਾ ਪੜਾਅ ਭਾਈ ਮਰਦਾਨਾ ਪ੍ਰਬੰਧਕੀ ਬਲਾਕ ਜਿਸ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਸਾਹਿਬ ਪ੍ਰੋਫੈਸਰ ਕਰਨਜੀਤ ਸਿੰਘ ਕਾਹਲੋਂ ਨੇ ਵੀ ਗੈਰ ਅਧਿਆਪਨ ਅਮਲੇ ਨਾਲ ਹਾਜ਼ਰੀ ਭਰੀ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸ਼ਾਮ ਨੂੰ ਸੰਪੂਰਨ ਹੋਇਆ। ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਡਾ ਜਤਿੰਦਰ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਵੱਖ-ਵੱਖ ਵਿਭਾਗਾਂ, ਰਿਹਾਇਸ਼ੀ ਖੇਤਰਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤਾਂ ਲਈ ਥਾਂ-ਥਾਂ ਤੇ ਗੁਰੂ ਕੇ ਲੰਗਰ ਲਗਾਏ ਗਏ। ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।