- November 7, 2023
Punjab Government Announces Enhanced Financial Assistance for Soldiers, Families of Martyrs and Ex-servicemen

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ
ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ
ਝੰਡਾ ਦਿਵਸ ਫ਼ੰਡ ਵਿੱਚ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਜਾਰੀ ਕੀਤਾ ਕਿਊ.ਆਰ ਕੋਡ
ਚੰਡੀਗੜ੍ਹ, 7 ਨਵੰਬਰ:
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਦੀ ਰਹੇਗੀ।
ਇੱਥੋਂ ਦੇ ਸੈਕਟਰ-3 ਸਥਿਤ ਵਾਰ ਮੈਮੋਰੀਅਲ, ਬੋਗਨਵਿਲੀਆ ਪਾਰਕ ਤੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨ ਉਪਰੰਤ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਦੇਖਭਾਲ ਅਤੇ ਸਮਾਜ ਵਿੱਚ ਉਨ੍ਹਾਂ ਦਾ ਚੰਗਾ ਜੀਵਨ ਬਤੀਤ ਕਰਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਰਕਾਰ ਨੇ ਸਰੀਰਕ ਤੌਰ ਉਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾਉਣ ਦਾ ਵੀ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮੁਤਾਬਕ ਸਰੀਰਕ ਤੌਰ ਉਤੇ 76 ਫ਼ੀਸਦੀ ਤੋਂ 100 ਫ਼ੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ 51 ਫ਼ੀਸਦੀ ਤੋਂ 75 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦੁੱਗਣੀ ਕਰਕੇ 10 ਲੱਖ ਤੋਂ ਵਧਾ ਕੇ 20 ਲੱਖ ਅਤੇ 25 ਫ਼ੀਸਦੀ ਤੋਂ 50 ਫ਼ੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ 83 ਲਾਭਪਾਤਰੀਆਂ ਦੀ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।
- Ex-Gratia to next of kin of martyred jawans of state enhanced from Rs.50 lakh to Rs.1.00 crore.
- Ex-gratia grant of Disabled Soldiers both from Military and Para-Military force with disability from 76% to 100% doubled to Rs.40 Lakh.
- Disabled soldiers with 51% to 75% disability to receive Rs.20 Lakh and disabled soldiers with 25% to 50% disability to receive Rs.10 Lakhs.
- Financial assistance of 83 beneficiaries under “The East Punjab War Awards Act, 1948” enhanced from Rs.10,000 per annum to Rs.20,000 per annum.
- Cycle rally to be flagged off on December 7, 2023 to spread awareness about the sacrifices made by the soldiers of Punjab and to create inspiration and patriotism among the youth.
- QR Code launched to make digital contribution to the Flag Day Fund.
ਰੱਖਿਆ ਸੇਵਾਵਾਂ ਭਲਾਈ ਮੰਤਰੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 7 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ ਇਸ ਰੈਲੀ ਨੂੰ ਰਾਜਪਾਲ ਪੰਜਾਬ ਵੱਲੋਂ ਫਲੈਗ-ਇਨ ਕੀਤਾ ਜਾਵੇਗਾ।
ਸ. ਜੌੜਾਮਾਜਰਾ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ, ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਕਰਨਾ ਹੈ।
ਸ. ਚੇਤਨ ਸਿੰਘ ਜੋੜਾਮਾਜਰਾ ਨੇ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਪਾਉਣ ਲਈ ਡਿਜੀਟਲ ਵਿਧੀ ਰਾਹੀਂ ਯੋਗਦਾਨ ਪਾਉਣ ਲਈ ਨਵੇਂ ਉਪਰਾਲੇ ਤਹਿਤ ਕਿਊ.ਆਰ ਕੋਡ ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਝੰਡਾ ਦਿਵਸ ਫ਼ੰਡ ਵਿੱਚ ਯੋਗਦਾਨ ਦੇਣ ਲਈ ਆਨਲਾਈਨ ਪ੍ਰੀਕ੍ਰਿਆ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਅਤੇ ਇਸ ਕਿਊ.ਆਰ ਕੋਡ ਰਾਹੀਂ ਹੀ ਯੋਗਦਾਨ ਜਮ੍ਹਾਂ ਕੀਤਾ ਜਾਵੇ।
ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਐਨ.ਸੀ.ਸੀ ਦੇ ਤਿੰਨੋਂ ਵਿੰਗਾਂ ਦੇ ਕੈਡਿਟਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।
ਸਮਾਗਮ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰਗਨ, ਡਾਇਰੈਕਟਰ ਬ੍ਰਿਗੇਡੀਅਰ ਡਾ. ਬੀ.ਐਸ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬਲਜਿੰਦਰ ਸਿੰਘ ਵਿਰਕ, ਸਾਬਕਾ ਸੈਨਿਕ, ਐਨ.ਸੀ.ਸੀ. ਕੈਡਿਟ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।